ਪੁਰਾਤਨ ਟੋਭਿਆਂ ਦੀ ਕਾਇਆ ਕਲਪ ਅਤੇ ਪਾਣੀ ਦੀ ਸੰਭਾਲ ਲਈ ਲੁਧਿਆਣਾ ਨੂੰ ਰਾਸ਼ਟਰੀ ਪਾਣੀ ਪੁਰਸਕਾਰ

– ਜ਼ਿਲ੍ਹਾ ਲੁਧਿਆਣਾ ਨੂੰ ਸਾਲ 2018 ਲਈ ਰਾਸ਼ਟਰੀ ਪਾਣੀ ਸੰਭਾਲ ਪੁਰਸਕਾਰ
-ਟੋਭਿਆਂ ਦੀ ਕਾਇਆ ਕਲਪ ਅਤੇ ਪਾਣੀ ਦੀ ਸੰਭਾਲ ਲਈ ਕੀਤੇ ਯਤਨਾਂ ਦੀ ਸ਼ਲਾਘਾ
– ਕੇਂਦਰੀ ਮੰਤਰੀ ਨਿਤਿਨ ਗਡਕਰੀ ਹੱਥੋਂ ਵਧੀਕ ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ ਸਨਮਾਨਿਤ 
ਨਵੀ ਦਿੱਲੀ/ਲੁਧਿਆਣਾ,(ਸੰਜੀਵ ਸ਼ਰਮਾ): ਪੁਰਾਤਨ ਟੋਭਿਆਂ ਦੀ ਕਾਇਆ ਕਲਪ ਕਰਨ ਅਤੇ ਪਾਣੀ ਦੀ ਸੰਭਾਲ ਲਈ ਕੀਤੇ ਸੁਚੱਜੇ ਯਤਨਾਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਨੂੰ ਰਾਸ਼ਟਰੀ ਪਾਣੀ ਪੁਰਸਕਾਰ-2018 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਨਵੀਂ ਦਿੱਲੀ ਵਿਖੇ ਪਾਣੀ ਵਸੀਲਿਆਂ ਮੰਤਰਾਲੇ ਦੇ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੂੰ ਪ੍ਰਦਾਨ ਕੀਤਾ ਗਿਆ। ਇਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਇਸ ਪੁਰਸਕਾਰ ਲਈ ਇਕਲੌਤਾ ਜ਼ਿਲ੍ਹਾ ਚੁਣਿਆ ਗਿਆ ਹੈ। ਪਾਣੀ ਦੀ ਸੰਭਾਲ ਪ੍ਰਤੀ ਸੁਚੱਜੇ ਯਤਨ ਕਰਨ ਲਈ ਉਤਸ਼ਾਹਿਤ ਕਰਨ ਲਈ ਇਹ ਸਾਲਾਨਾ ਪੁਰਸਕਾਰ ਉਕਤ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਹਨ। 
ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਟੋਭਿਆਂ ਅਤੇ ਪਾਣੀ ਦੀ ਸੰਭਾਲ ਲਈ ਬਹੁਤ ਯਤਨ ਕੀਤੇ ਜਾਂਦੇ ਹਨ। ਇਸ ਤਹਿਤ ਟੋਭਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਪਾਣੀ ਦੀ ਮੁੜ ਵਰਤੋਂ ਲਈ ਯਤਨ ਕੀਤੇ ਜਾ ਰਹੇ ਹਨ। ਪਿਛਲੇ ਦੋ ਸਾਲਾਂ ਦੌਰਾਨ 600 ਦੇ ਕਰੀਬ ਪੁਰਾਤਨ ਟੋਭਿਆਂ ਦੀ ਕਾਇਆ ਕਲਪ ਕੀਤੀ ਗਈ ਹੈ। ਜਦਕਿ ਬਾਕੀ ਟੋਭਿਆਂ ਦੀ ਸੰਭਾਲ ਦਾ ਕੰਮ ਜ਼ੋਰਾਂ ’ਤੇ ਹੈ। ਇਸ ਕੰਮ ਲਈ ਨਵੀ ਤਕਨੀਕਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। 
ਉਨ੍ਹਾਂ ਕਿਹਾ ਕਿ ਟੋਭਿਆਂ ਦੀ ਕਾਇਆ ਕਲਪ ਕਰਨ ਨਾਲ ਵਾਤਾਵਰਣ, ਪੇਂਡੂ ਆਰਥਿਕਤਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਬਹੁਤ ਲਾਭ ਹੋਇਆ ਹੈ। ਟੋਭਿਆਂ ਵਿੱਚ ਇਕੱਤਰ ਹੁੰਦੇ ਪਾਣੀ ਨੂੰ ਸਾਫ਼ ਕਰਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਕੁਝ ਖੇਤਰਾਂ ਵਿੱਚ ਸਾਫ਼ ਪਾਣੀ ਕੱਢਣ ਅਤੇ ਸਿੰਚਾਈ ਲਈ ਵਰਤੋਂ ਲਈ ਸੂਰਜੀ ਊਰਜਾ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਇਸ ਦਿਸ਼ਾ ਵਿੱਚ ਪਿੰਡ ਈਸੇਵਾਲ, ਭੈਣੀ ਗੜ੍ਹੀ ਅਤੇ ਪਿੰਡ ਸਵੱਦੀ ਕਲ੍ਹਾਂ ਅਤੇ ਹੋਰ ਪਿੰਡਾਂ ਦੀ ਉਦਾਹਰਨ ਦਿੱਤੀ। 
ਉਨ੍ਹਾਂ ਕਿਹਾ ਕਿ ਪਿੰਡ ਰਣੀਆਂ, ਪਿੰਡ ਚਕਰ ਅਤੇ ਹੋਰ ਕਈ ਪਿੰਡਾਂ ਵਿੱਚ ਟੋਭਿਆਂ ਦੇ ਆਲੇ-ਦੁਆਲੇ ਦਰੱਖ਼ਤ ਲਗਾ ਕੇ ਸ਼ਾਨਦਾਰ ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਟੋਭਿਆਂ ਦੀ ਸਫਾਈ ਉਪਰੰਤ ਮੱਛੀ ਪਾਲਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜੋ ਕਿ ਆਮਦਨੀ ਦਾ ਚੰਗਾ ਸਾਧਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਦਿਸ਼ਾ ਵਿੱਚ ਹਰੇਕ ਪਿੰਡ ਦੀ ਕਾਇਆ ਕਲਪ ਕਰਨ ਦੀ ਯੋਜਨਾ ਬਣਾਈ ਗਈ ਹੈ। 

Leave a Reply

Your email address will not be published. Required fields are marked *